ਪੰਜਾਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਠੰਢ ਕਾਰਨ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ 10ਵੀਂ ਤੱਕ ਦੇ ਵਿਦਿਆਰਥੀਆਂ ਨੂੰ 14 ਜਨਵਰੀ ਤਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ। ਮਾਨ ਨੇ ਕਿਹਾ, ‘‘ਕੜਾਕੇ ਦੀ ਠੰਢ ਨੂੰ ਧਿਆਨ ’ਚ ਰੱਖਦਿਆਂ 10ਵੀਂ ਜਮਾਤ ਤਕ ਸਾਰੇ ਸਕੂਲ 8 ਜਨਵਰੀ ਤੋਂ 14 ਜਨਵਰੀ ਤਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।’’ ਹੁਣ ਪੰਜਾਬ ਦੇ ਸਾਰੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ ਅਤੇ 15 ਜਨਵਰੀ ਤੋਂ ਖੁੱਲ੍ਹਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ਰਾਬ ਮੌਸਮ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਨਾਲ ਬੱਚਿਆਂ ਦੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ।
ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 14 ਜਨਵਰੀ 2024 ਤੱਕ ਦਸਵੀਂ ਜਮਾਤ ਤੱਕ ਦੇ…
— Harjot Singh Bains (@harjotbains) January 7, 2024
ਉਨ੍ਹਾਂ ਕਿਹਾ ਕਿ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਲਈ ਇਹ ਹੁਕਮ ਜ਼ਰੂਰੀ ਹੈ ਅਤੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਦੱਸਿਆ ਕਿ – ‘‘ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 14 ਜਨਵਰੀ 2024 ਤੱਕ ਦਸਵੀਂ ਜਮਾਤ ਤੱਕ ਦੇ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਜਮਾਤਾਂ ਨੂੰ ਪੜ੍ਹਾਉਣ ਵਾਲੇ ਅਧਿਆਪਕ, ਵਿਦਿਆਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾ ਸਕਦੇ ਹਨ।
11ਵੀਂ ਅਤੇ 12ਵੀਂ ਜਮਾਤ ਦੀਆਂ ਰੈਗੂਲਰ ਜਮਾਤਾਂ ਸਕੂਲ ਵਿਖੇ ਹੀ ਲੱਗਣਗੀਆਂ ਜਿਨ੍ਹਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾ ਹੋਵੇਗਾ।