ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਉਨ੍ਹਾਂ ਖ਼ਿਲਾਫ਼ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਰੱਦ ਕਰ ਦਿੱਤੇ ਹਨ। ਇਸ ਮਾਮਲੇ ਵਿਚ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਚੰਡੀਗੜ੍ਹ ਅਦਾਲਤ ਨੇ 16 ਦਸੰਬਰ ਨੂੰ ਉਨ੍ਹਾਂ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਦੱਸ ਦਈਏ ਕਿ 24 ਅਕਤੂਬਰ 2020 ਨੂੰ ‘ਆਪ’ ਆਗੂਆਂ ਨੇ ਚੰਡੀਗੜ੍ਹ ‘ਚ ਭਾਜਪਾ ਦਫ਼ਤਰ ਦੇ ਬਾਹਰ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕੀਤਾ ਸੀ। ਇਸ ਵਿੱਚ ਮੀਤ ਹੇਅਰ ਵੀ ਸ਼ਾਮਲ ਸਨ। ਜਿਸ ਕਾਰਨ ਮੀਤ ਹੇਅਰ ਖਿਲਾਫ ਧਾਰਾ 188 ਤਹਿਤ ਐਫਆਈਆਰ ਦਰਜ ਕੀਤੀ ਗਈ ਸੀ।
ਇਹ ਕੇਸ ਚੰਡੀਗੜ੍ਹ ਦੀ ਅਦਾਲਤ ਵਿੱਚ ਚੱਲ ਰਿਹਾ ਹੈ, ਕੇਸ ਵਿੱਚ ਮੀਤ ਹੇਅਰ ਨੂੰ ਜ਼ਮਾਨਤ ਮਿਲ ਗਈ ਸੀ। ਪਰ ਪਿਛਲੇ ਸਾਲ 16 ਦਸੰਬਰ 2023 ਨੂੰ ਸੁਣਵਾਈ ਦੌਰਾਨ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਅਦਾਲਤ ਨੇ ਜ਼ਮਾਨਤ ਰੱਦ ਕਰ ਦਿੱਤੀ ਸੀ ਅਤੇ ਉਨ੍ਹਾਂ ਖ਼ਿਲਾਫ਼ ਵਾਰੰਟ ਜਾਰੀ ਕਰ ਦਿੱਤਾ ਸੀ। ਅੱਜ ਹਾਈ ਕੋਰਟ ਨੇ ਜ਼ਮਾਨਤੀ ਵਾਰੰਟ ਦੇ ਹੁਕਮਾਂ ਨੂੰ ਰੱਦ ਕਰਦਿਆਂ ਉਨ੍ਹਾਂ ਨੂੰ ਇਸ ਕੇਸ ਦੀ ਸੁਣਵਾਈ ਦੌਰਾਨ 2 ਫਰਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।