ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ (Shri Guru Ramdas Ji) ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਸ੍ਰੀ ਦਰਬਾਰ ਸਾਹਿਬ ‘ਤੇ ਹੈਲੀਕਾਪਟਰ ਤੋਂ ਫੁੱਲਾਂ ਦੀ ਵਰਖਾ ਕਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦਾ ਬਿਆਨ ਸਾਹਮਣੇ ਆਇਆ ਹੈ। ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸੇਵਾ ਕਰਨ ਵਾਲਿਆਂ ਦੇ ਜਜ਼ਬੇ ਵਿੱਚ ਕੋਈ ਕਮੀ ਨਹੀਂ ਹੈ। ਫੁੱਲਾਂ ਦੀ ਵਰਖਾ ਕਰਨ ਵਾਲਾ ਪਰਿਵਾਰ ਸੇਵਾ ਦੀ ਭਾਵਨਾ ਨਾਲ ਆਇਆ ਸੀ ਅਤੇ ਭਵਿੱਖ ‘ਚ ਕਦੇ ਮਰਿਆਦਾ ਦੀ ਉਲੰਘਣਾ ਨਾ ਹੋਵੇ ਇਸ ਦਾ ਖ਼ਿਆਲ ਰੱਖਿਆ ਜਾਵੇਗਾ।
ਦੱਸਣਯੋਗ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਕੱਢੇ ਗਏ ਨਗਰ ਕੀਰਤਨ ਦੌਰਾਨ ਹਿਮਾਚਲ ਦੇ ਵਸਨੀਕ ਸ਼ਰਧਾਲੂ ਪਰਿਵਾਰ ਵੱਲੋਂ ਹੈਲੀਕਾਪਟਰ ਰਾਹੀਂ ਸ੍ਰੀ ਦਰਬਾਰ ਸਾਹਿਬ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ ਸੀ। ਇਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਕਾਫ਼ੀ ਜ਼ਿਆਦਾ ਵਾਇਰਲ ਹੋ ਰਹੀ ਹੈ। ਜਿਸ ਨੂੰ ਲੈ ਕੇ ਨਵਾਂ ਵਿਵਾਦ ਛਿੜ ਗਿਆ ਹੈ। ਫੁੱਲਾਂ ਦੀ ਸੇਵਾ ਕਰਨ ਵਾਲੇ ਹਿਮਾਚਲ ਦੇ ਪਰਿਵਾਰਕ ਮੈਂਬਰ ਫੁੱਲਾਂ ਦੀ ਵਰਖਾ ਕਰਦੇ ਸਮੇਂ ਨੰਗੇ ਸਿਰ ਹੈਲੀਕਾਪਟਰ ਵਿਚ ਬੈਠੇ ਦਿਖਾਈ ਦੇ ਰਹੇ ਹਨ। ਹੈਲੀਕਾਪਟਰ ਵਿਚ ਬੈਠੇ ਪਾਇਲਟ, ਸਹਾਇਕ ਤੇ ਹੋਰ ਮਹਿਲਾਵਾਂ ਵੱਲੋਂ ਨੰਗੇ ਸਿਰ ਹੀ ਫੁੱਲਾਂ ਦੀ ਵਰਖ਼ਾ ਕੀਤੀ ਜਾ ਰਹੀ ਹੈ।
ਹੁਣ ਇਸ ਮਾਮਲੇ ‘ਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਬਿਆਨ ਦਿੰਦਿਆਂ ਕਿਹਾ ਕਿ ਫੁੱਲਾਂ ਦੀ ਸੇਵਾ ਕਰਨ ਵਾਲੇ ਪਰਿਵਾਰ ਦੀ ਭਾਵਨਾ ਵਿੱਚ ਕੋਈ ਖੋਟ ਨਹੀਂ ਸੀ। ਅਜਿਹਾ ਪਹਿਲੀ ਵਾਰ ਹੋਇਆ ਹੈ। ਪਹਿਲੀ ਵਾਰ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਸੇਵਾ ਕਰਦਿਆਂ ਕਈ ਭੁੱਲਾਂ ਹੋਈਆਂ ਹਨ। ਅੱਗੇ ਤੋਂ ਇਸ ਗੱਲ ਦਾ ਖਿਆਲ ਰੱਖਿਆ ਜਾਵੇਗਾ ਤਾਂ ਜੋ ਮਰਿਆਦਾ ਦਾ ਉਲੰਘਣ ਨਾ ਹੋਵੇ। ਸੇਵਾ ਕਰਨ ਵਾਲੇ ਪਰਿਵਾਰ ਨੇ ਵੀ ਇਸ ਸਬੰਧੀ ਮੁਆਫ਼ੀ ਮੰਗ ਲਈ ਹੈ। ਗੁਰਚਰਨ ਸਿੰਘ ਨੇ ਕਿਹਾ ਕਿ ਭਵਿੱਖ ਵਿੱਚ ਅਸੀਂ ਸੋਚ ਰਹੇ ਹਾਂ ਕਿ ਫਲਾਇਟ ਦਰਬਾਰ ਸਾਹਿਬ ਦੀ ਪਰਿਕਰਮਾ ਦੇ ਬਾਹਰਵਾਰ ਹੀ ਰਹੇ, ਇਸ ਸਬੰਧੀ ਲਿਖਤੀ ਮਤਾ ਵੀ ਲਿਆਂਦਾ ਜਾਵੇਗਾ।
यह भी पढ़े:ਤਿਉਹਾਰਾਂ ਦੇ ਦਿਨਾਂ ਦੌਰਾਨ ਵੇਚਿਆ ਜਾ ਰਿਹਾ ਨਕਲੀ ਖੋਇਆ, 2 ਵਿਅਕਤੀ ਗ੍ਰਿਫਤਾਰ