ਚੰਡੀਗੜ੍ਹ: ਪੰਜਾਬ ਸਰਕਾਰ ਵਿਰੁੱਧ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ, BKU ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਸੰਗਰੂਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜੋਗਿੰਦਰ ਸਿੰਘ ਉਗਰਾਹਾਂ ਪਿੰਡ ਘਰਾਚੋਂ ਦੀ ਅਨਾਜ ਮੰਡੀ ਵਿੱਚ ਪਹੁੰਚ ਰਹੇ ਸਨ ਜਿੱਥੇ ਵੱਡੀ ਗਿਣਤੀ ਦੇ ਵਿੱਚ ਕਿਸਾਨ ਇਕੱਠੇ ਹੋਏ ਸਨ। ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉਹਨਾਂ ਨੂੰ ਰਸਤੇ ਦੇ ਵਿੱਚ ਘੇਰ ਪੁਲਿਸ ਨੇ ਸੰਗਰੂਰ ਦੇ ਛਾਜਲੀ ਚੌਂਕੀ ਦੇ ਵਿੱਚ ਗ੍ਰਿਫਤਾਰ ਕਰਕੇ ਰੱਖਿਆ ਹੋਇਆ ਹੈ।
ਕਿਸਾਨ ਵੱਡੀ ਗਿਣਤੀ ਦੇ ਵਿੱਚ ਇਕੱਠੇ ਹੋਏ ਕਹਿ ਰਹੇ ਹਨ ਕਿ ਅਗਰ ਜੋਗਿੰਦਰ ਸਿੰਘ ਉਗਰਾਹਾਂ ਨੂੰ ਨਹੀਂ ਛੱਡਿਆ ਤਾਂ ਸਾਡੇ ਵੱਲੋਂ ਛਾਜਲੀ ਥਾਣੇ ਅੱਗੇ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਪੰਜਾਬ ਸਰਕਾਰ ‘ਤੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਦੇ ਜਮਹੂਰੀ ਅਧਿਕਾਰਾਂ ਨੂੰ ਕੁਚਲਣ ਦਾ ਦੋਸ਼ ਲਗਾਇਆ ਹੈ। ਪੰਧੇਰ ਨੇ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ‘ਤੇ ਦਬਾਅ ਪਾਉਣ ਦੀ ਬਜਾਏ, ਸੀਐਮ ਮਾਨ ਨੂੰ ਕਿਸਾਨ ਸੰਗਠਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਹੱਲ ਲੱਭਣਾ ਚਾਹੀਦਾ ਹੈ। ਕਿਸਾਨ ਆਗੂਆਂ ਨੂੰ ਦਬਾਉਣ ਅਤੇ ਡਰਾਉਣ ਲਈ ਅੱਧੀ ਰਾਤ ਨੂੰ ਘਰਾਂ ਵਿੱਚ ਪੁਲਿਸ ਭੇਜਣਾ ਰਾਜਨੀਤਿਕ ਤੌਰ ‘ਤੇ ਗਲਤ ਅਤੇ ਬਹੁਤ ਹੀ ਮੰਦਭਾਗਾ ਹੈ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਭਰ ਦੇ ਕਿਸਾਨਾਂ ਨੂੰ ਚੰਡੀਗੜ੍ਹ ਵਿੱਚ ਹਫ਼ਤੇ ਭਰ ਚੱਲਣ ਵਾਲੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀ ਕਾਰਵਾਈ ਵਿਰੁੱਧ ਮੁਹਿੰਮ ਚਲਾਉਣ ਦਾ ਵੀ ਐਲਾਨ ਕੀਤਾ ਗਿਆ। ਕਿਸਾਨ ਆਗੂ ਪੰਧੇਰ ਨੇ 80 ਸਾਲਾ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਸਮੇਤ ਸਾਰੇ ਕਿਸਾਨ ਆਗੂਆਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ ਦੇ ਆਗੂ ਨੇ ਕਿਹਾ ਕਿ ਉਨ੍ਹਾਂ ਦਾ ਵਿਰੋਧ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ, “ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਲਈ ਕੇਂਦਰ ਦੇ ਹੱਥਾਂ ਵਿੱਚ ਖੇਡ ਰਹੀ ਹੈ। ਲੋਕ ਇਸਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ। ਅਸੀਂ ਭਗਵੰਤ ਮਾਨ ਦਾ ਪੁਤਲਾ ਸਾੜਾਂਗੇ। ਅਸੀਂ ਮੰਗ ਕਰਾਂਗੇ ਕਿ ਕਿਸਾਨਾਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ।