ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੰਡੀਆਂ ’ਚੋਂ ਝੋਨੇ ਦੀ ਚੁਕਾਈ ਜੰਗੀ ਪੱਧਰ ’ਤੇ ਕਰਨ ਦੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਭਰ ਦੀਆਂ ਮੰਡੀਆਂ ਵਿਚ ਖ਼ਰੀਦੇ ਜਾ ਰਹੇ ਝੋਨੇ ਦੀ ਚੁਕਾਈ ਤੇਜ਼ੀ ਨਾਲ  ਯਕੀਨੀ ਬਣਾਉਣ ਦੇ ਆਦੇਸ਼ ਦਿਤੇ ਹਨ।

ਹੁਣ ਮੁੱਖ ਮੰਤਰੀ ਹਰ ਰੋਜ਼ ਝੋਨੇ ਦੀ ਖ਼ਰੀਦ ਤੇ ਚੁਕਾਈ ਦਾ ਖ਼ੁਦ ਹਰ ਰੋਜ਼ ਜਾਇਜ਼ਾ ਲੈਣਗੇ। ਸੂਬੇ ਵਿਚ ਖ਼ਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਹੋਈ ਉੱਚ ਪਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਝੋਨੇ ਦੀ ਚੁਕਾਈ ਛੇਤੀ ਤੋਂ ਛੇਤੀ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਦੇਸ਼ ਨੂੰ ਅੰਨ ਉਤਪਾਦਨ ਵਿਚ ਆਤਮ ਨਿਰਭਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਅਨਾਜ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਡੇ ਅੰਨਦਾਤਿਆਂ ਨੇ ਅਪਣੇ ਬੇਸ਼ਕੀਮਤੀ ਕੁਦਰਤੀ ਵਸੀਲੇ ਪਾਣੀ ਅਤੇ ਜਰਖੇਜ਼ ਮਿੱਟੀ ਨੂੰ ਦਾਅ ਉਤੇ ਲਾ ਦਿਤਾ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਵੀ ਸੂਬੇ ਦੇ ਕਿਸਾਨਾਂ ਵਲੋਂ 185 ਲੱਖ ਮੀਟ੍ਰਿਕ ਟਨ ਝੋਨੇ ਦਾ ਯੋਗਦਾਨ ਕੌਮੀ ਭੰਡਾਰ ਵਿਚ ਪਾਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।