ਹਸਪਤਾਲ ਵਿਚੋਂ ਛੁੱਟੀ ਮਿਲਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ‘ਚ ਨਜ਼ਰ ਆ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪਰਾਲੀ ਦੇ ਪ੍ਰਬੰਧਾਂ ਨੂੰ ਲੈ ਕੇ ਭਲਕੇ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਮੁੱਖ ਮੰਤਰੀ ਰਿਹਾਇਸ਼ ‘ਤੇ ਦੁਪਹਿਰ 1 ਵਜੇ ਹੋਵੇਗੀ।
ਇਸ ਤੋਂ ਪਹਿਲਾਂ ਅੱਜ ਸ਼ਾਮ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਾਮ 5 ਵਜੇ ਮੁੱਖ ਮੰਤਰੀ ਨਿਵਾਸ ‘ਤੇ ਅਫ਼ਸਰ ਸਾਹਿਬਾਨਾਂ ਨਾਲ ਰਿਵਿਊ ਮੀਟਿੰਗ ਕੀਤੀ ਹੈ। ਇਸ ਮੀਟਿੰਗ ‘ਚ ਮੰਡੀਆਂ ‘ਚ ਫ਼ਸਲਾਂ ਦੀ ਖਰੀਦ ਅਤੇ ਉਸ ਦੇ ਪੁਖ਼ਤਾ ਪ੍ਰਬੰਧਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਦਾਣਾ-ਦਾਣਾ ਚੁੱਕਿਆ ਜਾਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਾਉਣੀ ਦੇ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਫ਼ਸਲ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਝੋਨੇ ਦੀ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਕ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ 185 ਲੱਖ ਮੀਟਰਕ ਟਨ ਝੋਨਾ ਮੰਡੀਆਂ ਵਿੱਚ ਲਿਆਂਦੇ ਜਾਣ ਦੀ ਉਮੀਦ ਹੈ।
ਉਨ੍ਹਾਂ ਕਿਹਾ ਕਿ ਇਸ ਵਾਰ ਸੂਬੇ ਵਿੱਚ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ 41,378 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।