ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਅਪਣੇ ਮੁਲਾਜ਼ਮਾਂ ਨੂੰ ਟਿਕਰੀ, ਸਿੰਘੂ ਅਤੇ ਗਾਜ਼ੀਪੁਰ ਸਰਹੱਦਾਂ ਅਤੇ ਕੌਮੀ ਰਾਜਧਾਨੀ ਦੇ ਰੇਲਵੇ ਅਤੇ ਮੈਟਰੋ ਸਟੇਸ਼ਨਾਂ ਅਤੇ ਬੱਸ ਟਰਮੀਨਲਾਂ ’ਤੇ ਸਖਤ ਚੌਕਸੀ ਯਕੀਨੀ ਬਣਾਉਣ ਦੇ ਹੁਕਮ ਦਿਤੇ ਹਨ। ਇਸ ਤੋਂ ਪਹਿਲਾਂ ਕਿਸਾਨਾਂ ਨੇ ਐਲਾਨ ਕੀਤਾ ਸੀ ਕਿ ਉਹ ਵਿਰੋਧ ਪ੍ਰਦਰਸ਼ਨ ਕਰਨ ਲਈ ਬੁਧਵਾਰ ਨੂੰ ਦਿੱਲੀ ਪਹੁੰਚਣਗੇ। ਇਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿਤੀ ।
3 ਮਾਰਚ ਨੂੰ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਦੇਸ਼ ਭਰ ਦੇ ਕਿਸਾਨਾਂ ਨੂੰ ਬੁਧਵਾਰ ਨੂੰ ਦਿੱਲੀ ਪਹੁੰਚਣ ਦਾ ਸੱਦਾ ਦਿਤਾ ਸੀ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਅਸੀਂ ਮੁਸਾਫ਼ਰਾਂ ਦੀ ਆਵਾਜਾਈ ਲਈ ਸਿੰਘੂ ਅਤੇ ਟਿਕਰੀ ਸਰਹੱਦਾਂ ’ਤੇ ਬੈਰੀਅਰ ਅਸਥਾਈ ਤੌਰ ’ਤੇ ਹਟਾ ਦਿਤੇ ਹਨ। ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਦੀ ਤਾਇਨਾਤੀ ਅਜੇ ਵੀ ਹੈ ਅਤੇ ਉਹ 24 ਘੰਟੇ ਸਖਤ ਚੌਕਸੀ ਯਕੀਨੀ ਬਣਾਉਣਗੇ।
ਅਧਿਕਾਰੀਆਂ ਨੇ ਦਸਿਆ ਕਿ ਰੇਲਵੇ, ਮੈਟਰੋ ਸਟੇਸ਼ਨਾਂ ਅਤੇ ਬੱਸ ਟਰਮੀਨਲਾਂ ’ਤੇ ਪਹਿਲਾਂ ਹੀ ਵਾਧੂ ਪੁਲਿਸ ਅਤੇ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦਿਤੀ ਜਾਵੇਗੀ। ਪੁਲਿਸ ਨੇ ਕਿਹਾ ਕਿ ਵੱਖ-ਵੱਖ ਥਾਵਾਂ ’ਤੇ ਚੈਕਿੰਗ ਤੇਜ਼ ਕੀਤੀ ਜਾਵੇਗੀ ਅਤੇ ਸ਼ਹਿਰ ’ਚ ਟ੍ਰੈਫਿਕ ਜਾਮ ਹੋ ਸਕਦਾ ਹੈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ 3 ਮਾਰਚ ਨੂੰ ਦੇਸ਼ ਭਰ ਦੇ ਕਿਸਾਨਾਂ ਨੂੰ ਵਿਰੋਧ ਪ੍ਰਦਰਸ਼ਨ ਲਈ ਬੁਧਵਾਰ ਨੂੰ ਦਿੱਲੀ ਪਹੁੰਚਣ ਦਾ ਸੱਦਾ ਦਿਤਾ ਸੀ। ਉਨ੍ਹਾਂ ਨੇ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ ਅਪਣੀਆਂ ਵੱਖ-ਵੱਖ ਮੰਗਾਂ ਦੇ ਸਮਰਥਨ ’ਚ 10 ਮਾਰਚ ਨੂੰ ਚਾਰ ਘੰਟਿਆਂ ਲਈ ਦੇਸ਼ ਵਿਆਪੀ ਰੇਲ ਰੋਕੋ ਅੰਦੋਲਨ ਦਾ ਵੀ ਸੱਦਾ ਦਿਤਾ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਕੁਰਬਾਨੀਆਂ ਵਿਅਰਥ ਨਹੀਂ ਜਾਣਗੀਆਂ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤਕ ਸੰਘਰਸ਼ ਜਾਰੀ ਰਹੇਗਾ। ਸੁਰੱਖਿਆ ਬਲਾਂ ਵਲੋਂ ‘ਦਿੱਲੀ ਚਲੋ’ ਮਾਰਚ ਨੂੰ ਰੋਕਣ ਤੋਂ ਬਾਅਦ ਪ੍ਰਦਰਸ਼ਨਕਾਰੀ ਕਿਸਾਨ ਪੰਜਾਬ ਅਤੇ ਹਰਿਆਣਾ ਦਰਮਿਆਨ ਸ਼ੰਭੂ ਅਤੇ ਖਨੌਰੀ ਸਰਹੱਦਾਂ ’ਤੇ ਡੇਰਾ ਲਾ ਏ ਹੋਏ ਹਨ। ਉਨ੍ਹਾਂ ਨੇ 13 ਫ਼ਰਵਰੀ ਨੂੰ ਮਾਰਚ ਸ਼ੁਰੂ ਕੀਤਾ ਸੀ ਪਰ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਰੋਕ ਦਿਤਾ, ਜਿਸ ਕਾਰਨ ਹਰਿਆਣਾ ਅਤੇ ਪੰਜਾਬ ਦੀ ਸਰਹੱਦ ’ਤੇ ਝੜਪਾਂ ਹੋਈਆਂ।