ਪੰਜਾਬ: ਉੱਤਰੀ ਭਾਰਤ ਇਸ ਸਮੇਂ ਸੀਤ ਲਹਿਰ ਦੀ ਲਪੇਟ ਵਿਚ ਹੈ। ਮੰਗਲਵਾਰ ਨੂੰ ਮੌਸਮ ਵਿਭਾਗ ਨੇ ਦੱਸਿਆ ਕਿ ਦਿੱਲੀ ਦੇ ਨਾਲ ਲੱਗਦੇ ਹਰਿਆਣਾ ਦਾ ਹਿਸਾਰ ਦੇਸ਼ ਦਾ ਸਭ ਤੋਂ ਠੰਢਾ ਸ਼ਹਿਰ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 1.1 ਡਿਗਰੀ ਤੱਕ ਪਹੁੰਚ ਗਿਆ।
ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ ਤਾਪਮਾਨ 2 ਤੋਂ 5 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਦਿੱਲੀ ‘ਚ ਵੀ ਲੋਕਾਂ ਨੂੰ ਠੰਡ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਮੌਸਮ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਘੱਟੋ-ਘੱਟ ਅਗਲੇ 2 ਤੋਂ 4 ਦਿਨਾਂ ਤੱਕ ਠੰਢ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਭਾਰਤ ਦੇ ਮੌਸਮ ਵਿਭਾਗ ਨੇ ਕਿਹਾ ਹੈ ਕਿ ਉੱਤਰੀ ਭਾਰਤ ਨੂੰ ਅਗਲੇ ਪੰਜ ਦਿਨਾਂ ਦੌਰਾਨ ਠੰਢ ਤੇ ਸੰਘਣੀ ਧੁੰਦ ਤੋਂ ਕੋਈ ਰਾਹਤ ਨਹੀਂ ਮਿਲੇਗੀ। ਮੌਸਮ ਦੀ ਭਵਿੱਖਬਾਣੀ ਏਜੰਸੀ ਨੇ ਕਿਹਾ ਕਿ ਅਗਲੇ ਪੰਜ ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਸੀਤ ਲਹਿਰ ਕਈ ਥਾਵਾਂ ’ਤੇ ਗੰਭੀਰ ਹੋ ਸਕਦੀ ਹੈ।
ਵਿਭਾਗ ਮੁਤਾਬਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਅੱਜ ਤੇ ਬੁੱਧਵਾਰ ਨੂੰ ਅਤੇ ਕੁਝ ਹਿੱਸਿਆਂ ਵਿੱਚ ਵੀਰਵਾਰ ਅਤੇ ਸ਼ਨਿਚਰਵਾਰ ਨੂੰ ਸੀਤ ਲਹਿਰ ਦਾ ਜ਼ੋਰ ਬਰਕਰਾਰ ਰਹੇਗਾ। ਮੰਗਲਵਾਰ ਅਤੇ ਸ਼ਨੀਵਾਰ ਦੌਰਾਨ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਕੁਝ ਹਿੱਸਿਆਂ ਵਿਚ ਸੀਤ ਲਹਿਰ ਦਾ ਜ਼ੋਰ ਰਹੇਗਾ।
ਇਸ ਠੰਢ ਦੇ ਮੌਸਮ ‘ਚ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਇਸ ਵਾਰ ਪਹਾੜਾਂ ‘ਚ ਜ਼ਿਆਦਾ ਬਰਫਬਾਰੀ ਨਹੀਂ ਹੋਈ ਹੈ। ਇਸ ਕਾਰਨ ਕਸ਼ਮੀਰ ਦਾ ਸੈਰ ਸਪਾਟਾ ਵੀ ਕਾਫੀ ਪ੍ਰਭਾਵਿਤ ਹੋਇਆ ਹੈ। ਹਾਲਾਂਕਿ ਮੈਦਾਨੀ ਇਲਾਕਿਆਂ ‘ਚ ਠੰਢ ਦਾ ਕਹਿਰ ਜਾਰੀ ਹੈ। ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਤਾਪਮਾਨ ਲਗਾਤਾਰ ਪੰਜ ਡਿਗਰੀ ਤੋਂ ਹੇਠਾਂ ਬਣਿਆ ਹੋਇਆ ਹੈ। ਮੌਸਮ ਵਿਭਾਗ ਨੇ ਇਨ੍ਹਾਂ ਰਾਜਾਂ ਲਈ ਕੋਲਡ ਡੇਅ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਜਿਵੇਂ-ਜਿਵੇਂ ਦਿਨ ਚੜ੍ਹਦਾ ਜਾ ਰਿਹਾ ਹੈ ਤਿਉਂ-ਤਿਉਂ ਤੇਜ਼ ਧੁੱਪ ਕਾਰਨ ਲੋਕਾਂ ਨੂੰ ਠੰਢ ਤੋਂ ਕੁਝ ਰਾਹਤ ਜ਼ਰੂਰ ਮਿਲ ਰਹੀ ਹੈ।