ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕ ਸਭਾ ਚੋਣਾਂ ਲੜਨ ਤੋਂ ਇਨਕਾਰ ਕਰਨ ਤੋਂ ਬਾਅਦ ਉਨ੍ਹਾਂ ਦੀ ਪਤਨੀ ਪਰਨੀਤ ਨੂੰ ਲੈ ਕੇ ਕਿਆਸਅਰਾਈਆਂ ਤੇਜ਼ ਹੋ ਗਈਆਂ ਸਨ ਕਿ ਕੀ ਉਹ ਭਾਜਪਾ ਵਿੱਚ ਸ਼ਾਮਲ ਹੋਣਗੇ। ਸੂਤਰਾਂ ਦੀ ਮੰਨੀਏ ਤਾਂ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਪ੍ਰਨੀਤ ਕੌਰ ਵੀਰਵਾਰ (14 ਮਾਰਚ) ਨੂੰ ਭਾਜਪਾ ‘ਚ ਸ਼ਾਮਲ ਹੋਣ ਜਾ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਪ੍ਰਨੀਤ ਕੌਰ ਪਟਿਆਲਾ ਤੋਂ ਚੋਣ ਲੜ ਸਕਦੀ ਹੈ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਪਟਿਆਲਾ ਸੰਸਦੀ ਹਲਕੇ ਦੀ ਸੀਟ ‘ਤੇ ਹਮੇਸ਼ਾ ਹੀ ਅਮਰਿੰਦਰ ਸਿੰਘ ਦੇ ਪਰਿਵਾਰ ਦਾ ਕਬਜ਼ਾ ਰਿਹਾ ਹੈ। ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਕਾਂਗਰਸ ਤੋਂ ਮੁਅੱਤਲ ਕੀਤਾ ਗਿਆ ਸੀ ਪਰ ਉਹ ਅਜੇ ਵੀ ਪਟਿਆਲਾ ਤੋਂ ਸੰਸਦ ਮੈਂਬਰ ਹੈ। 79 ਸਾਲਾ ਪ੍ਰਨੀਤ ਕੌਰ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਹੋ ਸਕਦੀ ਹੈ।
ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਹਨ। ਜਦਕਿ ਪ੍ਰਨੀਤ ਕੌਰ 4 ਵਾਰ ਪੰਜਾਬ ਦੇ ਪਟਿਆਲਾ ਤੋਂ ਸੰਸਦ ਮੈਂਬਰ ਰਹਿ ਚੁੱਕੀ ਹੈ। ਕੁਝ ਸਮਾਂ ਪਹਿਲਾਂ ਕਾਂਗਰਸ ਨੇ ਪ੍ਰਨੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਸੀ। ਪਰਨੀਤ ਕੌਰ ਨੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਚਣ ਲਈ ਪਾਰਟੀ ਤੋਂ ਅਸਤੀਫਾ ਨਹੀਂ ਦਿੱਤਾ। ਮੌਜੂਦਾ ਲੋਕ ਸਭਾ ਦਾ ਕਾਰਜਕਾਲ ਜਲਦੀ ਹੀ ਖਤਮ ਹੋਣ ਜਾ ਰਿਹਾ ਹੈ, ਜਿਸ ਕਾਰਨ ਪ੍ਰਨੀਤ ਕੌਰ ਭਾਜਪਾ ‘ਚ ਸ਼ਾਮਲ ਹੋ ਰਹੀ ਹੈ।