ਜ਼ਿਲ੍ਹਾ ਅਦਾਲਤ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਇੰਦਰਪ੍ਰੀਤ ਸਿੰਘ ਉਰਫ਼ ਪੈਰੀ ਖ਼ਿਲਾਫ਼ 13 ਸਾਲ ਪੁਰਾਣੇ ਮਾਮਲੇ ਵਿਚ ਇੱਕ ਵਿਦਿਆਰਥੀ ਆਗੂ ’ਤੇ ਸਾਥੀਆਂ ਸਮੇਤ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਹਮਲਾ ਕਰਨ ਦੇ ਦੋਸ਼ ਤੈਅ ਕੀਤੇ ਹਨ। ਹੁਣ ਉਨ੍ਹਾਂ ਖਿਲਾਫ 18 ਸਤੰਬਰ ਤੋਂ ਸੁਣਵਾਈ ਸ਼ੁਰੂ ਹੋਵੇਗੀ।
ਇਲਜ਼ਾਮ ਅਨੁਸਾਰ 2011 ਵਿੱਚ ਲਾਰੈਂਸ ਬਿਸ਼ਨੋਈ ਅਤੇ ਇੰਦਰਪ੍ਰੀਤ ਸਿੰਘ ਨੇ ਆਪਣੇ ਸਾਥੀਆਂ ਨਾਲ ਸੈਕਟਰ-40 ਸਥਿਤ ਡੀਏਵੀ ਕਾਲਜ ਦੇ ਵਿਦਿਆਰਥੀ ਆਗੂ ਹਰਪ੍ਰੀਤ ਸਿੰਘ ਗਰੇਵਾਲ ਦੇ ਘਰ ਵਿਚ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਸੀ। ਇਸ ਮਾਮਲੇ ਵਿੱਚ ਸੈਕਟਰ-39 ਥਾਣੇ ਦੀ ਪੁਲਿਸ ਨੇ ਆਈਪੀਸੀ ਦੀ ਧਾਰਾ 47, 148, 149, 452, 323, 325 ਅਤੇ 506 ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਸੀ।
ਹਰਪ੍ਰੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ 29 ਜੂਨ 2011 ਨੂੰ ਉਹ ਆਪਣੇ ਦੋਸਤਾਂ ਮਨਜਿੰਦਰ ਸਿੰਘ ਅਤੇ ਸਿਕੰਦਰ ਸਿੰਘ ਨਾਲ ਸੈਕਟਰ-40 ਸਥਿਤ ਆਪਣੇ ਘਰ ਮੌਜੂਦ ਸੀ। ਇਸ ਦੌਰਾਨ ਲਾਰੈਂਸ ਬਿਸ਼ਨਈ ਆਪਣੇ ਪੰਜ ਸਾਥੀਆਂ ਸਮੇਤ ਉਸ ਦੇ ਘਰ ਜ਼ਬਰਦਸਤੀ ਦਾਖਲ ਹੋ ਗਿਆ। ਉਨ੍ਹਾਂ ਦੇ ਹੱਥਾਂ ਵਿੱਚ ਪਿਸਤੌਲ ਅਤੇ ਤਲਵਾਰਾਂ ਸਨ। ਉਨ੍ਹਾਂ ਨੇ ਉਸ ‘ਤੇ ਅਤੇ ਉਸ ਦੇ ਦੋਸਤਾਂ ‘ਤੇ ਹਮਲਾ ਕਰ ਦਿੱਤਾ। ਉਨ੍ਹਾਂ ਉਨ੍ਹਾਂ ਨੂੰ ਬੁਰੀ ਤਰ੍ਹਾਂ ਕੁੱਟਿਆ, ਧਮਕੀਆਂ ਦਿੱਤੀਆਂ ਅਤੇ ਭੱਜ ਗਏ।