ਨਵੀਂ ਦਿੱਲੀ: ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਤਨੀ ਕਲਪਨਾ ਸੋਰੇਨ ਨੇ ਸਨਿਚਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਅਧਿਕਾਰੀਆਂ ਨੇ ਦਸਿਆ ਕਿ ਕਲਪਨਾ ਸੋਰੇਨ 6, ਫਲੈਗਸਟਾਫ ਰੋਡ ਸਥਿਤ ਦਿੱਲੀ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਗਈ ਅਤੇ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਹ ਬੈਠਕ ਲਗਭਗ 15 ਤੋਂ 20 ਮਿੰਟ ਤਕ ਚੱਲੀ।
ਹੇਮੰਤ ਸੋਰੇਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਝਾਰਖੰਡ ’ਚ ਕਥਿਤ ਜ਼ਮੀਨ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾ ਕਰਨ) ਦੇ ਇਕ ਮਾਮਲੇ ’ਚ ਗ੍ਰਿਫਤਾਰ ਕੀਤਾ ਸੀ ਅਤੇ ਉਦੋਂ ਤੋਂ ਉਹ ਜੇਲ੍ਹ ’ਚ ਹੈ। ਕਲਪਨਾ ਸੋਰੇਨ ਝਾਰਖੰਡ ਦੇ ਮੁੱਖ ਮੰਤਰੀ ਚੰਪਾਈ ਸੋਰੇਨ ਨਾਲ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ’ (ਇੰਡੀਆ) ਗੱਠਜੋੜ ਦੇ ਨੇਤਾਵਾਂ ਦੀ ਰੈਲੀ ’ਚ ਸ਼ਾਮਲ ਹੋਣ ਵਾਲੀ ਹੈ। ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਰੈਲੀ ਦਾ ਐਲਾਨ ਕੀਤਾ ਗਿਆ ਸੀ।
‘ਆਪ’ ਨੇਤਾਵਾਂ ਨੇ ਦਸਿਆ ਕਿ ਸੁਨੀਤਾ ਕੇਜਰੀਵਾਲ ਦੇ ਵੀ ਰੈਲੀ ’ਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਕੇਜਰੀਵਾਲ ਨੂੰ ਈ.ਡੀ. ਨੇ 21 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫਤਾਰ ਕੀਤਾ ਸੀ।