ਇਨ੍ਹੀਂ ਦਿਨੀਂ ਹਰਿਆਣਾ-ਪੰਜਾਬ ਸਰਹੱਦ ‘ਤੇ ਸਥਿਤੀ ਕਾਫੀ ਤਣਾਅਪੂਰਨ ਬਣੀ ਹੋਈ ਹੈ। ਤਿਆਰੀਆਂ ਇਸ ਤਰ੍ਹਾਂ ਚੱਲ ਰਹੀਆਂ ਹਨ ਜਿਵੇਂ ਕੋਈ ਜੰਗ ਹੋਣ ਵਾਲੀ ਹੋਵੇ। ਸਰਕਾਰ ਨੇ ਸਰਹੱਦ ਦੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਦੀਆਂ ਹੱਦਾਂ ਸੀਲ ਕਰ ਦਿੱਤੀਆਂ ਹਨ। ਮੋਬਾਈਲ ਇੰਟਰਨੈੱਟ ਸੇਵਾਵਾਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ।
ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਅੰਬਾਲਾ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਰੈਪਿਡ ਐਕਸ਼ਨ ਫੋਰਸ (ਆਰਏਐਫ) ਦੀ ਟੁਕੜੀ ਵੀ ਸ਼ੰਭੂ ਸਰਹੱਦ ’ਤੇ ਪਹੁੰਚ ਗਈ ਹੈ। ਜਾਣਕਾਰੀ ਅਨੁਸਾਰ ਅੰਬਾਲਾ ਤੇ ਪਟਿਆਲਾ ਪੁਲਿਸ ਨੇ ਸ਼ੰਭੂ ਬੈਰੀਅਰ ’ਤੇ ਵੱਡੀਆਂ ਰੋਕਾਂ ਲਾ ਕੇ ਕੌਮੀ ਮਾਰਗ ਬੰਦ ਕਰ ਦਿੱਤਾ ਹੈ।
ਇਹ ਵੀ ਖਬਰ ਆ ਰਹੀ ਹੈ ਕਿ ਅੱਜ ਰਾਤ ਤੋਂ ਚੰਡੀਗੜ੍ਹ ਅੰਬਾਲਾ ਰੋਡ ਬੰਦ ਕੀਤਾ ਜਾ ਸਕਦਾ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਫਿਲਹਾਲ ਪੰਜਾਬ ਪੁਲਿਸ ਨੂੰ ਕੋਈ ਹਦਾਇਤ ਨਹੀਂ ਮਿਲੀ ਹੈ, ਪਰ ਅੰਬਾਲਾ ਵਾਲੇ ਪਾਸੇ ਤੋਂ ਸੜਕਾਂ ਬੰਦ ਕੀਤੀਆਂ ਜਾਣਗੀਆਂ। ਪੰਜਾਬ ਪੁਲਿਸ ਵੱਲੋਂ ਕੱਲ੍ਹ ਤੋਂ ਨਾਕਾਬੰਦੀ ਸ਼ੁਰੂ ਕਰ ਦਿੱਤੀ ਜਾਵੇਗੀ।
ਚੰਡੀਗੜ੍ਹ ਅੰਬਾਲਾ ਰੋਡ ‘ਤੇ ਇਕ ਪਾਸੇ ਪੰਜਾਬ ਪੁਲਿਸ ਅਤੇ ਦੂਜੇ ਪਾਸੇ ਹਰਿਆਣਾ ਪੁਲਿਸ ਵਲੋਂ ਸਖਤੀ ਕੀਤੀ ਜਾਵੇਗੀ। ਬਦਲਵਾਂ ਰਸਤਾ ਲੱਭਣ ਲਈ ਅੱਜ ਪੰਜਾਬ ਪੁਲਿਸ ਵੱਲੋਂ ਮੀਟਿੰਗ ਕੀਤੀ ਜਾ ਰਹੀ ਹੈ।