ਖੰਨਾ : ਸੂਬੇ ਵਿੱਚ ‘ਸੁਚੱਜਾ ਸ਼ਾਸਨ, ਮੁਫ਼ਤ ਰਾਸ਼ਨ’ ਦੀ ਗਾਰੰਟੀ ਨੂੰ ਅਮਲੀਜਾਮਾ ਪਹਿਨਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਲੋਕਾਂ ਨੂੰ ਘਰ-ਘਰ ਜਾ ਕੇ ਰਾਸ਼ਨ ਮੁਹੱਈਆ ਕਰਵਾਉਣ ਦੀ ਸਹੂਲਤ ਸ਼ੁਰੂ ਕਰਨ ਨਾਲ ਪੰਜਾਬ ਦੇਸ਼ ਵਿੱਚ ਚਾਨਣ-ਮੁਨਾਰਾ ਬਣ ਕੇ ਉਭਰੇਗਾ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੂਰੇ ਸੂਬੇ ਲਈ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਸੂਬੇ ਵਿੱਚ ਨਵੇਂ ਇਨਕਲਾਬ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਕਿਹਾ, “ਜਦੋਂ ਤੋਂ ਮੈਂ ਅਹੁਦਾ ਸੰਭਾਲਿਆ ਹੈ, ਹਰ ਦੂਜੇ ਜਾਂ ਤੀਜੇ ਦਿਨ ਪੰਜਾਬ ਵਿੱਚ ਖੁਸ਼ਖਬਰੀ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਅਤੇ ਮੁਫ਼ਤ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ, ਲੋਕਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ। ਮੈਂ ਮਾਣ ਨਾਲ ਕਹਿ ਸਕਦਾ ਹਾਂ ਕਿ ਪੰਜਾਬ ਨੂੰ ਸਹੀ ਮਾਅਨਿਆਂ ਵਿੱਚ ‘ਰੰਗਲਾ ਪੰਜਾਬ’ ਬਣਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਲੋਕਾਂ ਦੀ ਭਲਾਈ ਬਾਰੇ ਨਹੀਂ ਸੋਚਿਆ ਪਰ ਅੱਜ ਹਰ ਕੰਮ ਆਮ ਆਦਮੀ ਦੀ ਭਲਾਈ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਅਰਵਿੰਦ ਕੇਜਰੀਵਾਲ ਜੀ ਨੂੰ ਜਾਂਦਾ ਹੈ, ਜੋ ਆਮ ਲੋਕਾਂ ਨੂੰ ਸਿਆਸਤ ਦਾ ਕੇਂਦਰ ਬਿੰਦੂ ਬਣਾਉਣ ਲਈ ਪ੍ਰੇਰਨਾ ਸਰੋਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਘਰ-ਘਰ ਰਾਸ਼ਨ ਦੀ ਨਵੀਂ ਸਕੀਮ ਤਹਿਤ ਇਕ ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰ ਰਾਸ਼ਨ ਮਿਲੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਉਂ ਜੋ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਥਰਮਲ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਨੂੰ ਬਿਜਲੀ ਪੈਦਾ ਕਰਨ ਲਈ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਵੇਰਕਾ ਛੇਤੀ ਹੀ ਦੇਸ਼ ਭਰ ਵਿੱਚ ਕਾਰੋਬਾਰ ਫੈਲਾਏਗਾ ਅਤੇ ਪਹਿਲੀ ਵਾਰ ਦਿੱਲੀ ਵਿੱਚ ਵੇਰਕਾ ਆਊਟਲੈੱਟ ਖੋਲ੍ਹੇ ਜਾਣਗੇ ਜਿਸ ਲਈ ਸਰਕਾਰ ਨੇ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਕੋਲਕਾਤਾ ਵਿੱਚ ਵੀ ਆਪਣੇ ਆਉਟਲੈਟ ਖੋਲ੍ਹੇਗੀ ਅਤੇ ਇਸ ਦਾ ਇਕੋ-ਇਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਦੇ ਹਰੇਕ ਨਾਗਰਿਕ ਨੂੰ ਹੋਰ ਵਧੇਰੇ ਤਾਕਤ ਪ੍ਰਦਾਨ ਕਰੇਗਾ ਅਤੇ ਸੂਬੇ ਵਿੱਚ ਤਰੱਕੀ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਆਲਮੀ ਪੱਧਰ ਦੇ ਕਾਰੋਬਾਰੀ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪਿਛਲੇ 20 ਮਹੀਨਿਆਂ ਤੋਂ ਵੱਧ ਸਮੇਂ ਦੌਰਾਨ ਟਾਟਾ ਸਟੀਲ ਸਮੇਤ ਕੁਝ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨ ਲਈ ਜ਼ਮੀਨੀ ਪੱਧਰ ਉਤੇ ਕੰਮ ਸ਼ੁਰੂ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੋਹਰੀ ਅਤੇ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵਿੱਚ ਇਹ ਉਸਾਰੂ ਕਦਮ ਹੈ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ਸੂਬੇ ਦਾ ਖਜ਼ਾਨਾ ਖਾਲੀ ਹੋਣ ਦੀ ਬਿਆਨਬਾਜ਼ੀ ਕਰਕੇ ਟਾਈਮ ਟਪਾ ਦਿੱਤਾ ਜਿਸ ਨਾਲ ਸੂਬੇ ਦੇ ਵਿਕਾਸ ਨੂੰ ਢਾਹ ਲੱਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਵਿੱਚ ਚੋਰੀ-ਮੋਰੀਆਂ ਬੰਦ ਕਰ ਦਿੱਤੀਆਂ ਹਨ ਤਾਂ ਜੋ ਇਕ-ਇਕ ਪੈਸਾ ਸੂਝ-ਬੂਝ ਨਾਲ ਲੋਕਾਂ ਦੀ ਭਲਾਈ ਉਤੇ ਖਰਚਿਆ ਜਾ ਸਕੇ।