ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸੋਮਵਾਰ ਨੂੰ ਜਦੋਂ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਅਪਣੀ ਪ੍ਰਤੀਕਿਰਿਆ ਦੇ ਰਹੇ ਸਨ ਤਾਂ ਉਨ੍ਹਾਂ ਦੀ ਜ਼ੁਬਾਨ ਫਿਸਲ ਗਈ, ਜਿਸ ’ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਵਿਅੰਗ ਕਸਦੇ ਹੋਏ ਕਿਹਾ ਕਿ ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਹੀ ਰਾਜਸਥਾਨ ਅਤੇ ਛੱਤੀਸਗੜ੍ਹ ’ਚ ਹਾਰ ਕਬੂਲ ਲਈ ਹੈ।
ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਹੁਲ ਗਾਂਧੀ ਨੇ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਤੇਲੰਗਾਨਾ ਅਤੇ ਮਿਜ਼ੋਰਮ ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦੇ ਐਲਾਨ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ, ‘‘ਮੱਧ ਪ੍ਰਦੇਸ਼ ’ਚ ਸਰਕਾਰ ਜਾ ਰਹੀ ਹੈ, ਰਾਜਸਥਾਨ ’ਚ ਜਾ ਰਹੀ ਹੈ, ਛੱਤੀਸਗੜ੍ਹ ’ਚ ਵੀ ਜਾ ਰਹੀ ਹੈ…।’’
ਉਨ੍ਹਾਂ ਨੂੰ ਤੁਰਤ ਅਪਣੀ ਗਲਤੀ ਦਾ ਅਹਿਸਾਸ ਹੋਇਆ ਅਤੇ ਉਨ੍ਹਾਂ ਕਿਹਾ, ‘‘ਮੈਂ ਉਲਟ ਬੋਲ ਗਿਆ… ਤੁਸੀਂ (ਪੱਤਰਕਾਰ) ਨੇ ਮੈਨੂੰ ਭਰਮਾ ਦਿਤਾ।’’ ਰਾਹੁਲ ਗਾਂਧੀ ਨੇ ਉਮੀਦ ਪ੍ਰਗਟਾਈ ਕਿ ਕਾਂਗਰਸ ਪੰਜ ਸੂਬਿਆਂ ਦੀਆਂ ਚੋਣਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਉਨ੍ਹਾਂ ਪਾਰਟੀ ਸ਼ਾਸਤ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਕੰਮ ਦੀ ਵੀ ਸ਼ਲਾਘਾ ਕੀਤੀ।
ਹਾਲਾਂਕਿ ਉਨ੍ਹਾਂ ਦੀ ਜ਼ੁਬਾਨ ਫਿਸਲਣ ਦੀ ਵੀਡੀਉ ਨੂੰ ਸਾਂਝਾ ਕਰਦੇ ਹੋਏ, ਭਾਜਪਾ ਨੇ ਸੋਸ਼ਲ ਮੀਡੀਆ ਮੰਚ ‘ਐਕਸ’ (ਪਹਿਲਾਂ ਟਵਿੱਟਰ) ’ਤੇ ਪੋਸਟ ਕੀਤਾ, ‘‘ਰਾਹੁਲ ਗਾਂਧੀ ਨੇ ਕਬੂਲ ਕਰ ਲਿਆ ਹੈ ਕਿ ਰਾਜਸਥਾਨ ਅਤੇ ਛੱਤੀਸਗੜ੍ਹ ਤੋਂ ਕਾਂਗਰਸ ਦੀ ਸਰਕਾਰ ਜਾ ਰਹੀ ਹੈ!’’ ਭਾਜਪਾ ਦੇ ਕਈ ਆਗੂਆਂ ਨੇ ਇਸ ਵੀਡੀਉ ਨੂੰ ਸਾਂਝਾ ਕਰਦੇ ਹੋਏ ਕਾਂਗਰਸ ਅਤੇ ਰਾਹੁਲ ਗਾਂਧੀ ’ਤੇ ਨਿਸ਼ਾਨਾ ਲਾਇਆ ਹੈ।
यह भी पढ़े: ਪਾਣੀ ਦੀ ਇੱਕ ਬੂੰਦ ਵੀ ਕਿਸੇ ਸੂਬੇ ਨਾਲ ਸਾਂਝੀ ਨਾ ਕਰਾਂਗੇ: ਅਮਰਿੰਦਰ ਸਿੰਘ ਰਾਜਾ ਵੜਿੰਗ