ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾਵਾਂ ਨੇ ਇਸ ਸਾਲ ਦੇ ਅਖੀਰ ’ਚ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰੇ ਲਈ ਸੋਮਵਾਰ ਨੂੰ ਇਕ ਮੀਟਿੰਗ ਕੀਤੀ। ਭਾਜਪਾ ਪ੍ਰਧਾਨ ਜੇ.ਪੀ. ਨੱਢਾ ਦੀ ਪ੍ਰਧਾਨਗੀ ਹੇਠ ਪਾਰਟੀ ਹੈੱਡਕੁਆਰਟਰ ’ਚ ਹੋਈ ਬੈਠਕ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ, ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਕ੍ਰਿਸ਼ਨ ਪਾਲ ਗੁੱਜਰ ਮੌਜੂਦ ਸਨ।
ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮੇਤ ਭਾਜਪਾ ਦੇ ਹਰਿਆਣਾ ਕੋਰ ਗਰੁੱਪ ਦੇ ਨੇਤਾ ਵੀ ਮੌਜੂਦ ਸਨ। ਇਹ ਬੈਠਕ ਨੱਢਾ ਵਲੋਂ ਹਰਿਆਣਾ ਲਈ ਪਾਰਟੀ ਦਾ ਚੋਣ ਇੰਚਾਰਜ ਨਿਯੁਕਤ ਕੀਤੇ ਜਾਣ ਦੇ ਕੁੱਝ ਘੰਟਿਆਂ ਦੇ ਅੰਦਰ ਹੋਈ। ਇਹ ਮੀਟਿੰਗ ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਹੁਲਾਰਾ ਦੇਣ ਲਈ ਬੁਲਾਈ ਗਈ ਸੀ। ਤ੍ਰਿਪੁਰਾ ਦੇ ਸਾਬਕਾ ਮੁੱਖ ਮੰਤਰੀ ਬਿਪਲਬ ਕੁਮਾਰ ਦੇਬ ਨੂੰ ਪਾਰਟੀ ਦਾ ਸਹਿ-ਚੋਣ ਇੰਚਾਰਜ ਬਣਾਇਆ ਗਿਆ ਹੈ। ਉਹ ਇਸ ਸਮੇਂ ਭਾਜਪਾ ਦੇ ਹਰਿਆਣਾ ਮਾਮਲਿਆਂ ਦੇ ਸੰਗਠਨਾਤਮਕ ਇੰਚਾਰਜ ਵੀ ਹਨ।
ਨੱਢਾ ਨੇ ਮਹਾਰਾਸ਼ਟਰ, ਝਾਰਖੰਡ ਅਤੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਚੋਣ ਇੰਚਾਰਜ ਅਤੇ ਸਹਿ-ਇੰਚਾਰਜ ਵੀ ਨਿਯੁਕਤ ਕੀਤੇ ਹਨ। ਭਾਜਪਾ ਦੇ ਸੀਨੀਅਰ ਨੇਤਾ ਅਤੇ ਕੇਂਦਰੀ ਮੰਤਰੀ ਭੁਪੇਂਦਰ ਯਾਦਵ ਨੂੰ ਮਹਾਰਾਸ਼ਟਰ ਲਈ ਪਾਰਟੀ ਦਾ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦਕਿ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਝਾਰਖੰਡ ਦਾ ਚੋਣ ਇੰਚਾਰਜ ਬਣਾਇਆ ਗਿਆ ਹੈ, ਜਦਕਿ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੂੰ ਉਨ੍ਹਾਂ ਦਾ ਸਹਿ-ਇੰਚਾਰਜ ਬਣਾਇਆ ਗਿਆ ਹੈ। ਕੇਂਦਰੀ ਮੰਤਰੀ ਜੀ ਕਿਸ਼ਨ ਰੈੱਡੀ ਨੂੰ ਜੰਮੂ-ਕਸ਼ਮੀਰ ਦਾ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਜੰਮੂ-ਕਸ਼ਮੀਰ ’ਚ ਸਤੰਬਰ ਤਕ ਵਿਧਾਨ ਸਭਾ ਚੋਣਾਂ ਕਰਵਾਉਣ ਦੇ ਹੁਕਮ ਦਿਤੇ ਹਨ, ਜਦਕਿ ਮਹਾਰਾਸ਼ਟਰ, ਹਰਿਆਣਾ ਅਤੇ ਝਾਰਖੰਡ ’ਚ ਵਿਧਾਨ ਸਭਾ ਚੋਣਾਂ ਇਸ ਸਾਲ ਦੇ ਅਖੀਰ ’ਚ ਹੋਣੀਆਂ ਹਨ।