ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਪਿਛਲੇ ਦੋ ਸਾਲਾਂ ਵਿੱਚ ਲਗਭਗ 43000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਸੰਗਰੂਰ ਵਿੱਚ ਲੱਡਾ ਕੋਠੀ ਵਿਖੇ 2487 ਨੌਜਵਾਨਾਂ ਨੂੰ ਨੌਕਰੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ 1750 ਨੌਜਵਾਨਾਂ ਨੂੰ ਗ੍ਰਹਿ ਵਿਭਾਗ, 205 ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ, 39 ਨੂੰ ਮਾਲ ਵਿਭਾਗ, 60 ਨੂੰ ਆਬਕਾਰੀ ਵਿਭਾਗ, 421 ਨੂੰ ਸਥਾਨਕ ਸਰਕਾਰਾਂ ਵਿਭਾਗ, ਚਾਰ ਨੌਜਵਾਨਾਂ ਨੂੰ ਸਹਿਕਾਰਤਾ ਵਿਭਾਗ ਵਿੱਚ ਅਤੇ ਅੱਠ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਵਿਭਾਗ ਵਿੱਚ ਭਰਤੀ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀ ਦਾ ਮਤਲਬ ਪੂਰੇ ਪਰਿਵਾਰ ਦੇ ਜੀਵਨ ਜਿਉਣ ਦੇ ਸਲੀਕੇ ਵਿੱਚ ਗੁਣਾਤਮਕ ਤਬਦੀਲੀ ਆ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 16 ਮਾਰਚ, 2022 ਨੂੰ ਆਪਣਾ ਅਹੁਦਾ ਸੰਭਾਲਿਆ ਸੀ ਅਤੇ ਉਦੋਂ ਤੋਂ ਹੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਹਿਲਾਂ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਰਾਹੀਂ ਨੌਕਰੀਆਂ ਦਿੱਤੀਆਂ ਜਾਂਦੀਆਂ ਸਨ ਪਰ ਹੁਣ ਨੌਕਰੀਆਂ ਸਿਰਫ ਤੇ ਸਿਰਫ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਜਾਂਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ‘ਮਿਸ਼ਨ ਰੋਜ਼ਗਾਰ’ ਨਾਲ ਨੌਜਵਾਨਾਂ ਦੇ ਮਨਾਂ ਵਿੱਚ ਪੈਦਾ ਹੋਈ ਨਕਾਰਾਤਮਕ ਭਾਵਨਾ ਦੂਰ ਕਰਨ ਵਿੱਚ ਮਦਦ ਮਿਲੀ ਹੈ ਜਿਸ ਕਾਰਨ ਉਨ੍ਹਾਂ ਨੇ ਹੁਣ ਵਿਦੇਸ਼ ਜਾਣ ਦਾ ਵਿਚਾਰ ਤਿਆਗ ਦਿੱਤਾ ਹੈ ਅਤੇ ਉਲਟਾ ਵਿਦੇਸ਼ ਗਏ ਪੰਜਾਬ ਦੇ ਨੌਜਵਾਨਾਂ ਵਿੱਚ ‘ਵਤਨ ਵਾਪਸੀ’ ਦਾ ਦੌਰ ਸ਼ੁਰੂ ਹੋ ਗਿਆ ਹੈ।
ਉਨ੍ਹਾਂ ਕਿਹਾ, “ਜੇਕਰ ਦੋ ਸਾਲਾਂ ਵਿੱਚ 43,000 ਦੇ ਕਰੀਬ ਨੌਕਰੀਆਂ ਦਿੱਤੀਆਂ ਜਾ ਸਕਦੀਆਂ ਹਨ ਤਾਂ ਸਵਾਲ ਪੈਦਾ ਹੁੰਦਾ ਹੈ ਕਿ ਨੌਜਵਾਨਾਂ ਦੀ ਭਲਾਈ ਲਈ ਪਿਛਲੇ 75 ਸਾਲਾਂ ਵਿੱਚ ਅਜਿਹਾ ਕਿਉਂ ਨਹੀਂ ਕੀਤਾ ਗਿਆ। ਮੈਂ ਸਿਸਟਮ ਨੂੰ ਸੁਧਾਰਨ ਅਤੇ ਸੂਬੇ ਦੇ ਵਿਕਾਸ ਵਿੱਚ ਨੌਜਵਾਨ ਵਰਗ ਨੂੰ ਸਰਗਰਮ ਭਾਈਵਾਲ ਬਣਾਉਣ ਦੇ ਰਾਹ ਉਤੇ ਤੁਰਿਆ ਹੋਇਆ ਹਾਂ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਭਾਗਾਂ ਵਿੱਚ ਖਾਲੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ ਤਾਂ ਕਿ ਨੌਜਵਾਨਾਂ ਨੂੰ ਰੋਜ਼ਗਾਰ ਹਾਸਲ ਹੋ ਸਕੇ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇੱਕ ਠੋਸ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 43,000 ਦੇ ਕਰੀਬ ਨੌਕਰੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਆਪਣੇ ਅਹੁਦੇ ਦੀ ਵਰਤੋਂ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਲਈ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਕੰਮਕਾਜ ਲਈ ਆਉਂਦੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਬਜਾਏ ਇਨਸਾਫ ਦਿਵਾਉਣ ਦੀ ਭਾਵਨਾ ਨਾਲ ਕੰਮ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਜਿਸ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ। ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
यह भी पढ़े: रामलला आ गए हैं और अपराधियों का राम नाम सत्य भी हो गया है : योगी आदित्यनाथ